Tuesday 11 March 2014

ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਦੀ ਪ੍ਰਸੰਗਿਕਤਾ

ਸਰਬਜੀਤ ਗਿੱਲ
23 ਮਾਰਚ ਦਾ ਦਿਨ, ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਹਾਦਤ ਦਾ ਦਿਨ, ਪੂਰੇ ਦੇਸ਼ 'ਚ ਮਨਾਇਆ ਜਾਂਦਾ ਹੈ। ਇਸ ਦਿਨ ਅੰਗਰੇਜ ਸਾਮਰਾਜ ਨੇ ਸਾਜ਼ਿਸ਼ ਤਹਿਤ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਦੇ ਤਖ਼ਤੇ 'ਤੇ ਚੜ੍ਹਾ ਦਿੱਤਾ ਸੀ। ਸਾਮਰਾਜੀ ਲੁਟੇਰਿਆਂ ਦੀਆਂ ਨੀਤੀਆਂ 'ਤੇ ਚੱਲਣ ਵਾਲੀਆਂ ਪਾਰਟੀਆਂ ਦੇ ਆਗੂ ਵੀ ਇਸ ਦਿਨ ਸ਼ਹੀਦਾਂ ਨੂੰ ਯਾਦ ਕਰਨ ਦੇ ਨਾਂ ਹੇਠ ਮਗਰਮੱਛ ਦੇ ਹੰਝੂ ਵਹਾਉਂਦੇ ਨਹੀਂ ਥੱਕਦੇ। ਸ਼ਹੀਦਾਂ ਦੇ ਪਦ ਚਿੰਨਾਂ 'ਤੇ ਚੱਲਣ ਦਾ ਐਲਾਨ ਵੀ ਕਰਦੇ ਹਨ ਪਰ ਦਿਨ ਬੀਤਣ ਬਾਅਦ ਉਹਨਾਂ ਸਾਮਰਾਜੀਆਂ ਦੇ ਸੋਹਲੇ ਗਾਉਣੇ ਸ਼ੁਰੂ ਕਰ ਦਿੰਦੇ ਹਨ, ਜਿਨ੍ਹਾਂ ਦਾ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਵਿਰੋਧ ਕੀਤਾ ਸੀ। ਦੇਸ਼ ਦੀਆਂ ਸੰਸਦੀ ਚੋਣਾਂ ਕੁੱਝ ਹੀ ਸਮੇਂ ਤੱਕ ਦਸਤਕ ਦੇਣ ਜਾ ਰਹੀਆ ਹਨ। ਇਨ੍ਹਾਂ ਚੋਣਾ ਦੌਰਾਨ ਹਾਕਮ ਜਮਾਤਾਂ ਦੀ ਕਿਸੇ ਵੀ ਪਾਰਟੀ ਵਲੋਂ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਅਪਣਾਉਣ ਦਾ ਨਾ ਤਾਂ ਪਹਿਲਾਂ ਕਦੇ ਐਲਾਨ ਕੀਤਾ ਸੀ ਅਤੇ ਨਾ ਹੀ ਅੱਗੋ ਕਰਨ ਦੀ ਆਸ ਕੀਤੀ ਜਾ ਸਕਦੀ ਹੈ, ਕਿਉਂਕਿ ਸਾਡੇ ਦੇਸ਼ ਦੇ ਹਾਕਮਾਂ ਨੂੰ ਲੋਕਾਂ ਦਾ ਫਿਕਰ ਘੱਟ ਅਤੇ ਸਾਮਰਾਜੀਆਂ ਦਾ ਫਿਕਰ ਵਧੇਰੇ ਰਹਿੰਦਾ ਹੈ। 
ਦੇਸ਼ ਦੇ ਕੁਦਰਤੀ ਸਾਧਨ ਜਲ, ਜੰਗਲ ਅਤੇ ਜ਼ਮੀਨ 'ਤੇ ਹੌਲੀ ਹੌਲੀ ਸਾਮਰਾਜੀ ਕੰਪਨੀਆਂ ਕਾਬਜ਼ ਹੋ ਰਹੀਆ ਹਨ। ਜਿਸ ਦੇਸ਼ 'ਚੋਂ ਭਗਤ ਸਿੰਘ ਵਰਗੇ ਹਜ਼ਾਰਾਂ ਸੂਰਬੀਰਾਂ ਨੇ ਕੁਰਬਾਨੀ ਕਰਕੇ ਸਾਮਰਜੀਆਂ ਨੂੰ ਬਾਹਕ ਕੱਢਣ ਦਾ ਉੱਦਮ ਕੀਤਾ ਸੀ, ਉਸ ਦੇਸ਼ ਨੂੰ ਅਜੋਕੇ ਹਾਕਮ ਮੁੜ ਸਾਮਰਾਜੀ ਕੰਪਨੀਆਂ ਦੇ ਹਵਾਲੇ ਕਰਦੇ ਜਾ ਰਹੇ ਹਨ। ਅਜਿਹੇ ਹਾਲਾਤ 'ਚ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ, ਰਾਹੁਲ ਜਾਂ ਮੋਦੀ ਸਮੇਤ ਚਾਹੇ ਕੋਈ ਹੋਰ ਵੀ ਬਣ ਜਾਵੇ ਇਸ ਨਾਲ ਕੋਈ ਫਰਕ ਨਹੀਂ ਪੈਂਦਾ। ਫਰਕ ਸਿਰਫ ਕੇਂਦਰ ਸਰਕਾਰ ਬਣਾਉਣ ਵਾਲੀ ਹਾਕਮ ਧਿਰ ਦੀ ਨੀਤੀ ਨਾਲ ਹੀ ਪੈਂਦਾ ਹੈ। ਇਹ ਨੀਤੀਆਂ ਲੋਕ ਪੱਖ ਹੋਣਗੀਆਂ ਤਾਂ ਲੋਕਾਂ ਦਾ ਭਲਾ ਹੋ ਸਕਦਾ ਹੈ ਅਤੇ ਜੇ ਇਹ ਨੀਤੀਆਂ ਸਾਮਰਾਜ ਪੱਖੀ ਹੋਣਗੀਆਂ ਤਾਂ ਸਾਮਰਾਜੀ ਦੇਸ਼ਾਂ ਨੇ ਸਾਡੇ ਦੇਸ਼ ਨੂੰ ਲੁੱਟਣ ਤੋਂ ਸਿਵਾ ਹੋਰ ਕੁੱਝ ਨਹੀਂ ਕਰਨਾ। ਮੁਨਾਫ਼ਾ ਹੀ ਇਨ੍ਹਾਂ ਸਾਮਰਾਜੀਆਂ ਦਾ ਉਦੇਸ਼ ਹੈ। ਮੁਨਾਫ਼ੇ ਲਈ ਇਨ੍ਹਾਂ ਨੂੰ ਮਨੁੱਖਤਾ ਦਾ ਘਾਣ ਵੀ ਕਰਨਾ ਪੈ ਜਾਵੇ, ਇਨ੍ਹਾਂ ਲਈ ਇਹ ਬਹੁਤ ਹੀ ਛੋਟੀ ਜਿਹੀ ਗੱਲ ਹੈ। 
ਸ਼ਹੀਦ ਭਗਤ ਸਿੰਘ ਨੇ ਮਹਿਜ਼ 23 ਸਾਲ ਦੀ ਉੱਮਰ 'ਚ ਹੀ ਸਾਮਰਾਜ ਦੀਆਂ ਕਰਤੂਤਾਂ ਨੂੰ ਜਾਣ ਲਿਆ ਸੀ। ਇਹ ਕਰਤੂਤਾਂ ਹੁਣ ਦੇ ਸਮੇਂ ਦੌਰਾਨ ਬਹੁਤ ਹੀ ਤਿੱਖੇ ਰੂਪ 'ਚ ਸਾਹਮਣੇ ਆ ਰਹੀਆ ਹਨ। ਸ਼ਹੀਦ ਭਗਤ ਸਿੰਘ ਨੇ ਸਿਰਫ ਇਨਕਲਾਬ ਜਿੰਦਾਬਾਦ ਦਾ ਨਾਅਰਾ ਹੀ ਬੁਲੰਦ ਨਹੀਂ ਕੀਤਾ ਸਗੋਂ ਸਮਾਰਜਵਾਦ ਮੁਰਦਾਬਾਦ ਦਾ ਨਾਅਰਾ ਵੀ ਨਾਲ ਹੀ ਬੁਲੰਦ ਕੀਤਾ ਸੀ। ਸਮਾਰਾਜ ਦੇ ਮੁਰਦਾਬਾਦ 'ਚੋਂ ਹੀ ਇਨਕਲਾਬ ਨੇ ਨਿਕਲਣਾ ਹੁੰਦਾ ਹੈ। ਸਾਮਰਾਜ ਦੇ ਦਫ਼ਨ ਤੋਂ ਬਿਨ੍ਹਾਂ ਆਏ ਇਨਕਲਾਬ ਦਾ ਸਰੂਪ ਸਮਾਜਵਾਦੀ ਨਹੀਂ ਹੋ ਸਕਦਾ। ਅਜਿਹੇ ਹਲਾਤ 'ਚ ਹੀ ਭਗਤ ਸਿੰਘ ਨੇ ਸਮਾਜਵਾਦ ਨੂੰ ਨਾਲ ਜੋੜਦਿਆਂ ਆਪਣੀ ਜਥੇਬੰਦੀ ਦੇ ਨਾਂ 'ਚ 'ਸਮਾਜਵਾਦੀ' ਸ਼ਬਦ ਨੂੰ ਸ਼ਾਮਲ ਕਰ ਦਿੱਤਾ ਸੀ। ਹਿੰਦੋਸਤਾਨ ਸੋਸ਼ਲਿਸਟ ਰੀਪਬਲਿਕ ਐਸੋਸੀਏਸ਼ਨ ਦੇ ਦਸੰਬਰ 1929 ਨੂੰ ਲਾਹੌਰ ਕਾਂਗਰਸ 'ਚ ਵੰਡੇ ਗਏ ਮੈਨੀਫੈਸਟੋ 'ਚ ਸ਼ਹੀਦ ਭਗਤ ਸਿੰਘ ਦੇ ਸਾਥੀ ਭਗਵਤੀ ਚਰਨ ਵੋਹਰਾ ਲਿਖਦੇ ਹਨ 'ਭਾਰਤ ਸਾਮਰਾਜਵਾਦ ਦੇ ਜੂਲੇ ਹੇਠ ਪਿਸ ਰਿਹਾ ਹੈ। ਇਸ ਦੇ ਕਰੋੜਾਂ ਲੋਕ ਅੱਜ ਅਗਿਆਨਤਾ ਅਤੇ ਗਰੀਬੀ ਦੇ ਸ਼ਿਕਾਰ ਹੋ ਰਹੇ ਹਨ। ਭਾਰਤ ਦੀ ਬਹੁਤ ਵੱਡੀ ਗਿਣਤੀ, ਜੋ ਕਿਰਤੀਆਂ, ਕਿਸਾਨਾਂ ਦੀ ਹੈ, ਉਨ੍ਹਾਂ ਨੂੰ ਵਿਦੇਸ਼ੀ ਦਾਬੇ ਅਤੇ ਆਰਥਿਕ ਲੁੱਟ ਨੇ ਹੱਥਲ ਕਰ ਦਿੱਤਾ ਹੈ। ਭਾਰਤੀ ਕਿਰਤੀ ਵਰਗ ਦੀ ਹਾਲਤ ਅੱਜ ਅਤਿ ਗੰਭੀਰ ਹੈ। ਉਸ ਨੂੰ ਦੋਹਰੇ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਸ ਨੂੰ ਵਿਦੇਸ਼ੀ ਪੂੰਜੀਵਾਦ ਦਾ ਇੱਕ ਪਾਸੇ ਤੋਂ ਅਤੇ ਭਾਰਤੀ ਪੂੰਜੀਵਾਦ ਦੇ ਧੋਖੇ ਭਰੇ ਹਮਲੇ ਦਾ ਦੂਜੇ ਪਾਸੇ ਤੋਂ ਖਤਰਾ ਹੈ। ਭਾਰਤੀ ਪੂੰਜਵਾਦ, ਵਿਦੇਸ਼ੀ ਪੂੰਜੀਵਾਦ ਨਾਲ ਹਰ ਰੋਜ਼ ਵਧੇਰੇ ਗੱਠਜੋੜ ਕਰ ਰਿਹਾ ਹੈ।' ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਨੌਜਵਾਨ ਭਾਰਤ ਸਭਾ ਦੇ ਮੈਨੀਫੈਸਟੋ 'ਚ ਵੀ ਮਨੁੱਖਤਾ ਨੂੰ ਅਹਿਮ ਮੰਨਦੇ ਹੋਏ ਅੰਗਰੇਜ਼ ਸਾਮਰਾਜ ਦਾ ਡਟ ਕੇ ਵਿਰੋਧ ਕਰਦੇ ਹੋਏ ਲਿਖਦੇ ਹਨ ਕਿ 'ਸਾਡੇ ਵਿਚੋਂ ਵੀ ਕਈ ਅਜਿਹੇ ਹਨ ਜੋ ਆਪਣੇ ਆਲਸ ਤੇ ਨਿਕੰਮੇਪਣ ਨੂੰ ਅੰਤਰਰਾਸ਼ਟਵਾਦ ਦੇ ਬੁਰਕੇ 'ਚ ਛਪਾਉਂਦੇ ਹਨ। ਜੇ ਉਨ੍ਹਾਂ ਨੂੰ ਸੇਵਾ ਲਈ ਕਹੋ ਤਾਂ ਉਹ ਜਵਾਬ ਦੇਣਗੇ, ''ਜਨਾਬ, ਅਸੀਂ ਤਾਂ ਕੌਮਾਂਤਰੀਵਾਦੀ ਹਾਂ ਅਤੇ ਅਸੀਂ ਕੌਮਾਂਤਰੀ ਭਾਈਚਾਰੇ ਵਿਚ ਵਿਸ਼ਵਾਸ਼ ਰੱਖਦੇ ਹਾਂ। ਇਸ ਤਰ੍ਹਾਂ ਅੰਗਰੇਜ਼ ਵੀ ਸਾਡੇ ਭਰਾ ਹਨ, ਫਿਰ ਉਨ੍ਹਾਂ ਨਾਲ ਲੜਾਈ ਕਾਹਦੀ?'' ਕਿੱਡਾ ਨੇਕ ਖਿਆਲ ਹੈ ਤੇ ਕਿੰਨੀ ਖ਼ੂਬਸੂਰਤ ਗੱਲ ਹੈ! ਪਰ ਉਹ ਇਸ ਦੇ ਅਸਲੀ ਭਾਵ ਨੂੰ ਨਹੀਂ ਸਮਝਦੇ। ਮਨੁੱਖੀ ਭਾਈਚਾਰੇ ਦਾ ਅਸੂਲ ਮੰਗ ਕਰਦਾ ਹੈ ਕਿ ਇੱਕ ਆਦਮੀ ਦੇ ਹੱਥੋਂ ਦੂਜੇ ਆਦਮੀ ਅਤੇ ਇੱਕ ਕੌਮ ਹੱਥੋਂ ਦੂਜੀ ਕੌਮ ਦੀ ਲੁੱਟ ਖਸੁੱਟ ਦਾ ਅੰਤ ਕਰ ਦਿੱਤਾ ਜਾਵੇ। ਕਿਸੇ ਵੀ ਕਿਸਮ ਦੇ ਵਿਤਕਰੇ ਤੋਂ ਬਗੈਰ ਹਰ ਇੱਕ ਨੂੰ ਤਰੱਕੀ ਦੇ ਇਕੋ ਜਿਹੇ ਮੌਕੇ ਦਿੱਤੇ ਜਾਣ। ਪਰ ਅੰਗਰੇਜ਼ ਰਾਜ ਇਨ੍ਹਾਂ ਸਾਰੀਆਂ ਚੀਜ਼ਾਂ ਦੇ ਉਲਟ ਕੰਮ ਕਰ ਰਿਹਾ ਹੈ ਅਤੇ ਇਹ ਸਾਡੇ ਕਿਸੇ ਕੰਮ ਦਾ ਨਹੀਂ ਹੈ।'' 
ਸਾਮਰਾਜ ਦੇ ਖਿਲਾਫ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਹਰ ਤਰ੍ਹਾਂ ਦੀ ਜੰਗ ਲੜ ਰਹੇ ਸਨ ਅਤੇ ਕੋਈ ਵੀ ਮੌਕਾ ਨਹੀਂ ਗਵਾ ਰਹੇ ਸਨ, ਜਿਸ ਦੀ ਮਿਸਾਲ 24 ਜਨਵਰੀ 1930 ਨੂੰ ਲੈਨਿਨ ਦਿਵਸ ਦੇ ਮੌਕੇ 'ਤੇ ਤੀਜੀ ਇੰਟਰਨੈਸ਼ਨਲ ਨੂੰ ਭੇਜੀ ਗਈ ਇੱਕ ਤਾਰ ਤੋਂ ਮਿਲਦੀ ਹੈ। ਜਿਸ ਬਾਰੇ ਪ੍ਰੋ. ਜਗਮੋਹਣ ਸਿੰਘ ਵਲੋਂ ਸੰਪਾਦਿਤ ਕਿਤਾਬ 'ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀਆਂ ਲਿਖਤਾਂ' 'ਚ ਲਿਖਿਆ ਗਿਆ ਹੈ ਕਿ ਇਸ ਦਿਨ ਲਾਹੌਰ ਸਾਜ਼ਿਸ਼ ਕੇਸ ਵਿਚ ਗ੍ਰਿਫਤਾਰ ਕੀਤੇ ਗਏ ਕਰਾਂਤੀਕਾਰੀ ਆਪਣੇ ਸਿਰਾਂ 'ਤੇ ਲਾਲ ਰੁਮਾਲ ਬੰਨ੍ਹ ਕੇ ਅਦਾਲਤ 'ਚ ਆਏ ਸਨ। ਉਹ ਕਾਕੋਰੀ ਦੇ ਗੀਤ ਗਾਉਂਦੇ ਰਹੇ। ਮੈਜਿਸਟਰੇਟ ਦੇ ਆਉਣ 'ਤੇ ਉਨ੍ਹਾਂ ਸਮਾਜਵਾਦੀ ਇਨਕਲਾਬ ਜਿੰਦਾਬਾਦ, ਕਮਿਊਨਿਸਟ ਇੰਟਰਨੈਸ਼ਨਲ ਜਿੰਦਾਬਾਦ, ਲੈਨਿਨ ਜਿੰਦਾਬਾਦ, ਪਰੋਲਤਾਰੀ ਜਮਾਤ ਜਿੰਦਾਬਾਦ ਅਤੇ ਸਮਾਰਜਵਾਦ ਮੁਰਦਾਬਾਦ ਦੇ ਨਾਅਰੇ ਬੁਲੰਦ ਕੀਤੇ ਅਤੇ ਭੇਜੀ ਗਈ ਤਾਰ 'ਚ ਇਉਂ ਲਿਖਿਆ 'ਲੈਨਿਨ ਦਿਵਸ ਦੇ ਮੌਕੇ 'ਤੇ ਅਸੀਂ ਸੋਵੀਅਤ ਰੂਸ ਵਿਚ ਹੋ ਰਹੇ ਮਹਾਨ ਤਜ਼ਰਬੇ ਅਤੇ ਸਾਥੀ ਲੈਨਿਨ ਦੀ ਸਫਲਤਾ ਨੂੰ ਅੱਗੇ ਵਧਾਉਣ ਅਤੇ ਇਸ ਦੀ ਜਿੱਤ ਵਾਸਤੇ ਆਪਣੀਆਂ ਦਿਲੀ ਵਧਾਈਆਂ ਭੇਜਦੇ ਹਾਂ। ਸੰਸਾਰ ਇਨਕਲਾਬੀ ਲਹਿਰ ਨਾਲ ਅਸੀਂ ਆਪਣੇ ਆਪ ਨੂੰ ਜੋੜਨਾ ਚਾਹੁੰਦੇ ਹਾਂ। ਮਜ਼ਦੂਰਾਂ ਦੇ ਰਾਜ ਦੀ ਜੈ ਹੋਵੇ। ਸਰਮਾਏਦਾਰੀ ਦੀ ਖੈ ਹੋਵੇ। ਸਾਮਰਾਜਵਾਦ ਮੁਰਦਾਬਾਦ।''
ਸ਼ਹੀਦ ਭਗਤ ਸਿੰਘ ਦਾ ਬਿੰਬ ਕੁੱਝ ਲੋਕ ਧਾਰਮਿਕ ਅਤੇ ਕੁੱਝ ਲੋਕ ਬੰਬਾਂ, ਪਿਸਤੌਲਾਂ ਵਾਲਾ ਬਣਾਉਣ ਦੀ ਕੋਸ਼ਿਸ਼ 'ਚ ਲੱਗੇ ਰਹਿੰਦੇ ਹਨ। ਧਾਰਮਿਕ ਬਿੰਬ ਬਣਾਉਣ ਵਾਲਿਆਂ ਨੂੰ ਸ਼ਹੀਦ ਭਗਤ ਸਿੰਘ ਦੀਆਂ ਲਿਖਤਾਂ ਜ਼ਰੂਰ ਪੜ੍ਹ ਲੈਣੀਆ ਚਾਹੀਦੀਆ ਹਨ। ਸਭ ਤੋਂ ਵੱਡੀ ਗੱਲ ਇਹ ਹੈ ਕਿ ਕਿਸੇ ਸ਼ਖਸ਼ੀਅਤ ਨੂੰ ਉਸ ਨਜ਼ਰੀਏ ਨਾਲ ਹੀ ਵਾਚਣਾ ਚਾਹੀਦਾ ਹੈ, ਜਿਹੜੀ ਉਸ ਦੀ ਕਰਮ ਭੂਮੀ ਹੋਵੇ। ਸ਼ਹੀਦ ਭਗਤ ਸਿੰਘ ਦੀ ਕਰਮ ਭੂਮੀ ਧਾਰਮਿਕ ਨਹੀਂ ਸੀ ਸਗੋਂ ਰਾਜਨੀਤਕ ਸੀ। ਇਨਕਲਾਬ ਜਿੰਦਾਬਾਦ ਅਤੇ ਸਾਮਰਜਵਾਦ ਮੁਰਦਾਬਾਦ ਦੀ ਰਾਜਨੀਤੀ ਹੀ ਉਨ੍ਹਾਂ ਦੀ ਕੇਂਦਰੀ ਰਾਜਨੀਤੀ ਸੀ। ਇਸ ਦੇ ਬਾਵਜੂਦ ਵੀ ਭਗਤ ਸਿੰਘ ਨੇ ਦੂਜੀਆਂ ਲਹਿਰਾਂ ਦੀਆਂ ਚੰਗੀਆ ਗੱਲਾਂ ਦਾ ਪ੍ਰਭਾਵ ਜਰੂਰ ਕਬੂਲਿਆਂ ਸੀ। ਪ੍ਰੰਤੂ ਕੇਂਦਰ 'ਚ ਉਨ੍ਹਾਂ ਨੇ ਆਪਣੀ ਲੋਕ ਪੱਖੀ ਅਤੇ ਮਨੁੱਖਤਾ ਵਾਦੀ ਰਾਜਨੀਤੀ ਨੂੰ ਹੀ ਰੱਖਿਆ ਸੀ। ਬੰਬਾਂ, ਪਿਸਤੌਲਾਂ ਦੇ ਸਬੰਧ 'ਚ ਵੀ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਬੀ. ਕੇ ਦੱਤ ਨੇ ਇਨਕਾਲਾਬ ਦੇ ਸ਼ਬਦ ਬਾਰੇ ਲਿਖਦਿਆ ਕਿਹਾ ਕਿ 'ਇਸ ਲਫਜ਼ ਦਾ ਇੱਕ ਸ਼ਬਦ-ਕੋਸ਼ ਵਾਲਾ ਮਤਲਬ ਵੀ ਹੈ ਪਰ ਇਸ ਦੇ ਸਿਰਫ ਸ਼ਬਦ-ਕੋਸ਼ ਵਾਲੇ ਅਰਥ ਨੂੰ ਲੈਣਾ ਹੀ ਕਾਫੀ ਨਹੀਂ, ਇਸ ਲਫਜ਼ ਨਾਲ ਉਨ੍ਹਾਂ ਲੋਕਾਂ ਦੀਆਂ ਜਿਹੜੇ ਇਸ ਨੂੰ ਪੇਸ਼ ਕਰਦੇ ਹਨ, ਕੁੱਝ ਖਾਸ ਹਕੀਕਤਾਂ ਸਬੰਧਤ ਹੁੰਦੀਆ ਹਨ। ਸਾਡੀਆਂ, ਇਨਕਲਾਬ ਪਸੰਦਾਂ ਦੀਆਂ, ਨਜ਼ਰਾਂ ਵਿਚ ਇਹ ਇੱਕ ਪਾਕ ਅਤੇ ਇੱਜ਼ਤਯੋਗ ਲਫਜ਼ ਹੈ। ਅਸੀਂ ਅਦਾਲਤ ਦੇ ਸਾਹਮਣਏ ਜਿਹੜਾ ਬਿਆਨ ਦਿੱਤਾ ਸੀ, ਉਸ ਪਾਕ ਲਫਜ਼ ਦੀ ਅਹਿਮੀਅਤ ਨੂੰ ਪੂਰੀ ਤਰ੍ਹਾਂ ਸਾਫ ਕਰ ਦਿੱਤਾ ਸੀ। ਤੁਸੀਂ ਉਸ ਬਿਆਨ ਨੂੰ ਪੜ੍ਹੋ ਤੇ ਫਿਰ ਦੇਖੋ ਕਿ ਅਸੀਂ ਕੀ ਕਿਹਾ ਸੀ? ਅਸੀਂ ਇਨਕਲਾਬ ਨੂੰ ਸਦਾ ਅਤੇ ਹਰ ਮੌਕੇ 'ਚੇ ਹਥਿਆਰਬੰਦ ਇਨਕਲਾਬ ਦੇ ਮਤਲਬ ਨਾਲ ਨਹੀਂ ਜੋੜਦੇ। ਇਨਕਲਾਬ ਸਿਰਫ ਬੰਬਾਂ ਪਿਸਤੌਲਾਂ ਨਾਲ ਹੀ ਅਕੀਦਤ ਨਹੀਂ ਰੱਖਦਾ ਬਲਕਿ ਇਹ ਬੰਬ ਤੇ ਪਿਸਤੌਲਾਂ ਤਾਂ ਕਦੀ ਕਦਾਈਂ ਇਸ ਇਨਕਲਾਬ ਦੇ ਵੱਖ-ਵੱਖ ਹਿੱਸਿਆਂ ਦੀ ਪੂਰਤੀ ਲਈ ਇਕ ਸਾਧਨ ਬਣ ਜਾਂਦੇ ਹਨ ਪਰ ਮੁਕੰਮਲ ਇਨਕਲਾਬ ਨਹੀਂ ਕਹਿਲਾ ਸਕਦੇ।'
'ਇਨਕਲਾਬ' ਨੂੰ ਹੋਰ ਸਪਸ਼ਟ ਕਰਦਿਆਂ ਲਿਖਿਆ ਹੈ ਕਿ 'ਇਨਕਲਾਬ ਤੋਂ ਸਾਡਾ ਭਾਵ ਸਪਸ਼ਟ ਹੈ। ਇਸ ਸਦੀ ਵਿਚ ਇਸ ਦੇ ਸਿਰਫ ਇਕ ਹੀ ਮਤਲਬ ਹੋ ਸਕਦੇ ਹਨ: ਜਨਤਾ ਲਈ, ਜਨਤਾ ਦਾ ਰਾਜਨੀਤਕ ਤਾਕਤ 'ਤੇ ਕਬਜ਼ਾ। ਅਸਲ ਵਿਚ ਇਹ ਹੈ 'ਇਨਕਲਾਬ'। ਬਾਕੀ ਸਭ ਬਗ਼ਾਵਤਾਂ ਤਾਂ ਸਿਰਫ ਮਾਲਕਾਂ ਦੀ ਤਬਦੀਲੀ ਕਰਕੇ ਪੂੰਜੀਵਾਦੀ ਸੜਿਆਂਦ ਨੂੰ ਹੀ ਅੱਗੇ ਤਰੋਦੀਆਂ ਹਨ। ਕਿਸੇ ਵੀ ਹੱਦ ਤੱਕ ਲੋਕਾਂ ਨਾਲ ਜਾਂ ਉਨ੍ਹਾਂ ਦੇ ਉਦੇਸ਼ ਲਈ ਦਿਖਾਈ ਹਮਦਰਦੀ, ਜਨਤਾ ਤੋਂ ਅਸਲੀਅਤ ਨੂੰ ਛੁਪਾ ਨਹੀਂ ਸਕਦੀ, ਉਹ ਛਲਾਵੇ ਨੂੰ ਪਛਾਣਦੇ ਹਨ। ਭਾਰਤ ਵਿਚ ਵੀ, ਅਸੀਂ ਭਾਰਤੀ ਕਿਰਤੀ ਦੇ ਰਾਜ ਤੋਂ ਘੱਟ, ਕੁੱਝ ਨਹੀਂ ਚਾਹੰਦੇ ਹਾਂ। ਭਾਰਤੀ ਕਿਰਤੀ ਨੇ, ਭਾਰਤ ਅੰਦਰ ਸਾਮਰਾਜਵਾਦੀ ਅਤੇ ਉਨ੍ਹਾਂ ਦੇ ਮਦਦਗਾਰ ਨੂੰ, ਜੋ ਕਿ ਉਸ ਆਰਥਿਕ ਸਿਸਟਮ, ਜਿਸ ਦੀਆਂ ਜੜ੍ਹਾਂ ਲੁੱਟ 'ਤੇ ਅਧਰਿਤ ਹਨ, ਦੇ ਪੈਰੋਕਾਰ ਹਨ, ਹਟਾ ਕੇ ਅੱਗੇ ਆਉਣਾ ਹੈ। ਅਸੀਂ ਚਿੱਟੀ ਬੁਰਾਈ ਦੀ ਥਾਂ ਕਾਲੀ ਬੁਰਾਈ ਨੂੰ ਲਿਆ ਕੇ ਕਸ਼ਟ ਨਹੀਂ ਝੱਲਣਾ ਚਾਹੰਦੇ। ਬੁਰਾਈਆਂ, ਇੱਕ ਹਿਤ ਦੇ ਸਮੂਹ ਵਾਂਗ ਹੈ, ਜੋ ਇੱਕ ਦੂਜੇ ਦੀ ਥਾਂ ਲੈਣ ਨੂੰ ਤਿਆਰ ਹਨ। 
ਸਾਮਰਾਜਵਾਦੀਆਂ ਨੂੰ ਗੱਦੀਓਂ ਲਾਹੁਣ ਲਈ ਭਾਰਤ ਦਾ ਇਕੋ ਇੱਕ ਹਥਿਆਰ ਕਿਰਤੀ ਇਨਕਲਾਬ ਹੈ। ਕੋਈ ਹੋਰ ਚੀਜ਼ ਇਸ ਉਦੇਸ਼ ਦੀ ਪੂਰਤੀ ਨਹੀਂ ਕਰ ਸਕਦੀ। ਹਰ ਵਿਚਾਰ ਦੇ ਕੌਮਵਾਦੀ, ਇੱਕ ਉਦੇਸ਼ 'ਤੇ ਸਹਿਮਤ ਹਨ ਕਿ ਸਾਮਰਾਜਵਾਦੀਆਂ ਤੋਂ ਆਜ਼ਾਦੀ ਪ੍ਰਾਪਤੀ। ਉਨ੍ਹਾਂ ਨੂੰ ਇਹ ਵੀ ਸਮਝਣ ਦੀ ਲੋੜ ਹੈ ਕਿ ਉਨ੍ਹਾਂ ਦੀ ਲਹਿਰ ਦੀ ਚਾਲਕ ਸ਼ਕਤੀ ਬਾਗੀ ਜਨਤਾ ਹੈ ਅਤੇ ਉਨ੍ਹਾਂ ਦੇ ਜੁਝਾਰੂ ਜਨਤਕ ਐਕਸ਼ਨਾਂ ਰਾਹੀਂ ਹੀ ਕਾਮਯਾਬੀ ਪ੍ਰਾਪਤ ਹੋਣੀ ਹੈ। ਕਿਉਂਕਿ ਇਸ ਲਈ ਸੌਖੀ ਤਰ੍ਹਾਂ ਹੀਲਾ ਨਹੀਂ ਹੋ ਸਕਦਾ, ਇਸ ਕਰਕੇ ਆਪਣੇ ਆਪ ਨਾਲ ਛਲਾਵਾ ਕਰਕੇ ਉਸ ਪਾਸੇ ਲਪਕਦੇ ਹਨ, ਜਿਸਨੂੰ ਉਹ ਆਰਜ਼ੀ ਇਲਾਜ਼, ਪਰ ਝਟਪਟ ਅਤੇ ਪ੍ਰਭਾਵਸ਼ਾਲੀ ਸਮਝਦੇ ਹਨ। ਯਾਨੀ ਕਿ ਚੰਦ ਸੈਕੜੇ ਦ੍ਰਿੜ੍ਹ ਆਦਰਸ਼ਵਾਦੀ ਕੌਮ ਪ੍ਰਸਤਾਂ ਦੀ ਹਥਿਆਰਬੰਦ ਮੁਖਲਾਫਤ ਰਾਹੀਂ ਵਿਦੇਸ਼ੀ ਰਾਜ ਨੂੰ ਉਲਟਾ ਕੇ ਰਿਆਸਤ ਨੂੰ ਸਮਾਜਵਾਦੀ ਲੀਹਾਂ 'ਤੇ ਮੁੜ ਸੰਗਿਠਤ ਕਰਨਾ। ਉਨ੍ਹਾਂ ਨੂੰ ਵਕਤ ਦੀ ਅਸੀਲਅਤ ਵਿਚ ਝਾਕਣਾ ਚਾਹੀਦਾ ਹੈ। ਹਥਿਆਰ ਜਿਆਦਾ ਗਿਣਤੀ ਵਿਚ ਪ੍ਰਾਪਤ ਨਹੀਂ ਹਨ ਅਤੇ ਜੁਝਾਰੂ ਲੋਕਾਂ ਤੋਂ ਵੱਖਰੇ ਹੋ ਕੇ ਅਨਟਰੇਂਡ ਗੁਰੱਪ ਦੀ ਬਗ਼ਾਵਤ ਅੱਜ ਦੇ ਯੁੱਗ ਵਿਚ ਸਫਲਤਾ ਦਾ ਕੋਈ ਮੌਕਾ ਨਹੀਂ ਹੈ। ਕੌਮਪ੍ਰਸਤਾਂ ਦੇ ਕਾਮਯਾਬ ਹੋਣ ਲਈ, ਉਨ੍ਹਾਂ ਨੂੰ ਕੌਮ ਨੂੰ ਹਰਕਤ ਵਿਚ ਲਿਆਉਣਾ ਚਾਹੀਦਾ ਹੈ। ਅਤੇ ਬਗ਼ਾਵਤ ਲਈ ਖੜ੍ਹੇ ਕਰਨਾ ਚਾਹੀਦਾ ਹੈ। ਕੌਮ, ਕਾਂਗਰਸ ਦੇ ਲਾਊਡ ਸਪੀਕਰ ਨਹੀਂ ਹੈ, ਸਗੋਂ ਮਜ਼ਦੂਰ ਕਿਸਾਨ ਹਨ, ਜਿਹੜੇ ਭਾਰਤ ਦੀ 95 ਫੀਸਦੀ ਵਸੋਂ ਹਨ। ਕੌਮ ਆਪਣੇ ਆਪ ਨੂੰ ਕੌਮੀਕਰਨ ਦੇ ਯਕੀਨ 'ਤੇ ਹੀ ਹਰਕਤ ਵਿਚ ਲਿਆਏਗੀ, ਯਾਨੀ ਕਿ ਸਾਮਰਾਜਵਾਦੀ ਪੂੰਜੀਪਤੀ ਦੀ ਗ਼ੁਲਾਮੀ ਤੋਂ ਮੁਕਤੀ ਦੇ ਯਕੀਨ ਦਿਵਾਉਣ 'ਤੇ। ਸਾਨੂੰ ਯਾਦ ਰੱਖਣ ਦੀ ਲੋੜ ਹੈ ਕਿ ਕਿਰਤੀ ਇਨਕਲਾਬ ਦੇ ਸਿਵਾਏ, ਨਾ ਕਿਸੇ ਹੋਰ ਇਨਕਲਾਬ ਦੀ ਇੱਛਾ ਕਰਨੀ ਚਾਹੀਦੀ ਹੈ ਅਤੇ ਨਾ ਹੀ ਉਹ ਕਾਮਯਾਬ ਹੋ ਸਕਦਾ ਹੈ।
ਦੇਸ਼ ਦੀਆਂ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਵੱਖ-ਵੱਖ ਪਾਰਟੀਆਂ ਵਲੋਂ ਚਿਹਰੇ ਬਦਲਣ ਦੀਆਂ ਕਵਾਇਦਾਂ ਆਰੰਭ ਕਰ ਦਿੱਤੀਆ ਗਈਆ ਹਨ ਪਰ ਕਿਸੇ ਨੇ ਨੀਤੀਆਂ ਬਦਲਣ ਦੀ ਹਾਲੇ ਤੱਕ ਗੱਲ ਨਹੀਂ ਕੀਤੀ। ਸਾਮਰਾਜੀ ਦੇਸ਼ਾਂ ਵਲੋਂ ਸੰਚਾਲਿਤ ਨੀਤੀਆਂ ਨੂੰ ਹੋਰ ਤੇਜ਼ੀ ਨਾਲ ਲਾਗੂ ਕਰਨ ਦੇ ਯਤਨ ਪਹਿਲਾਂ ਵੀ ਅਤੇ ਹੁਣ ਵੀ ਕੀਤੇ ਜਾਣਗੇ। ਇਨ੍ਹਾਂ ਬੁਰਜ਼ੂਆ ਪਾਰਟੀਆਂ ਦਾ ਕਿਰਦਾਰ ਪਹਿਲਾਂ ਵੀ ਕਈ ਵਾਰ ਆਪਸ 'ਚ ਇਕੱਠੇ ਹੋਣ ਦਾ ਰਿਹਾ ਹੈ। ਲੋੜ ਪੈਣ 'ਤੇ ਇਹ ਪਾਰਟੀਆਂ ਇਕੱਠੀਆਂ ਹੋ ਜਾਂਦੀਆ ਹਨ ਪਰ ਲੋਕਾਂ ਨੂੰ ਇਕੱਠੇ ਹੋ ਕੇ ਇਨ੍ਹਾਂ ਸਾਮਰਾਜੀ ਨੀਤੀਆਂ ਨੂੰ ਲਾਗੂ ਕਰਨ ਵਾਲੀਆਂ ਪਾਰਟੀਆਂ ਖਿਲਾਫ ਲੜਨਾ ਹੀ ਪੈਣਾ ਹੈ। ਇਹ ਲੜਾਈ ਉਸ ਵੇਲੇ ਤੱਕ ਜਾਰੀ ਰਹੇਗੀ ਜਦੋਂ ਤੱਕ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਬੰਦ ਨਹੀਂ ਹੋ ਜਾਂਦੀ। ਸ਼ਹੀਦ ਭਗਤ ਸਿੰਘ ਨੇ ਆਪਣਾ ਸਮਾਰਜ ਵਿਰੋਧੀ ਨਿਸ਼ਾਨਾ ਮਿਥ ਕੇ ਸ਼ਹੀਦੀ ਤੋਂ ਪਹਿਲਾ ਕਿਹਾ ਸੀ ਕਿ 'ਮੇਰੀ ਦਲੇਰੀ ਭਰੇ ਢੰਗ ਨਾਲ ਹੱਸਦਿਆਂ ਹੱਸਦਿਆਂ ਫ਼ਾਂਸੀ ਚੜ੍ਹਨ ਦੀ ਸੂਰਤ ਵਿਚ ਹਿੰਦੋਸਤਾਨੀ ਮਾਵਾਂ ਆਪਣਿਆਂ ਬੱਚਿਆਂ ਦੇ ਭਗਤ ਸਿੰਘ ਬਣਨ ਦੀ ਆਰਜ਼ੂ ਕਰਿਆ ਕਰਨਗੀਆਂ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲਿਆਂ ਦੀ ਗਿਣਤੀ ਏਨੀ ਵੱਧ ਜਾਏਗੀ ਕਿ ਇਨਕਲਾਬ ਨੂੰ ਰੋਕਣਾ ਸਾਮਰਾਜਵਾਦ ਦੀਆਂ ਸਭ ਸ਼ੈਤਾਨ ਤਾਕਤਾਂ ਦੇ ਵਸ ਦੀ ਗੱਲ ਨਹੀਂ ਰਹੇਗੀ।' ਆਓ, ਦੇਸ਼ ਦੇ ਖਣਿਜ ਪਦਾਰਥਾਂ, ਜਲ, ਜੰਗਲ ਅਤੇ ਜ਼ਮੀਨ ਨੂੰ ਬਚਾਉਣ ਲਈ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਉਕਤ ਵਿਚਾਰਾਂ 'ਤੇ ਪਹਿਰਾ ਦਿੰਦੇ ਹੋਏ ਅਤੇ ਉਨ੍ਹਾਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਂਦੇ ਹੋਏ ਸਾਮਰਾਜਵਾਦ ਵਿਰੋਧੀ ਜੰਗ ਨੂੰ ਹੋਰ ਤੇਜ਼ ਕਰੀਏ। 

No comments:

Post a Comment