Saturday 31 March 2018

ਆਰ ਐੱਮ ਪੀ ਆਈ ਵੱਲੋਂ ਰੈਲੀ ਤੇ ਮੁਜ਼ਾਹਰਾ : ਫਿਰਕੂ ਫਾਸ਼ੀਵਾਦੀ ਖਤਰੇ ਦੇ ਟਾਕਰੇ ਲਈ ਖੱਬੀਆਂ ਪਾਰਟੀਆਂ ਦਾ ਏਕਾ ਜ਼ਰੂਰੀ : ਪਾਸਲਾ




ਜਲੰਧਰ - ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਦੀ ਸੂਬਾ ਕਮੇਟੀ ਵੱਲੋਂ 23 ਤੋਂ 31 ਮਾਰਚ ਤੱਕ ਜ਼ਿਲ੍ਹਾ ਕੇਂਦਰਾਂ 'ਤੇ ਰੈਲੀਆਂ ਅਤੇ ਲੋਕ ਮਾਰਚ ਕੀਤੇ ਜਾਣ ਦੇ ਸੱਦੇ 'ਤੇ ਅੱਜ ਇੱਥੇ ਦੇਸ਼ ਭਗਤ ਯਾਦਗਾਰ ਕੰਪਲੈਕਸ ਵਿੱਚ ਇੱਕ ਪ੍ਰਭਾਵਸ਼ਾਲੀ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਆਰਐੱਮਪੀਆਈ ਦੇ ਕੌਮੀ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਦੇਸ਼ ਦੀ ਵਾਗਡੋਰ ਸੰਘ ਪਰਵਾਰ ਦੇ ਹੱਥਾਂ ਵਿੱਚ ਆਉਣ ਨਾਲ ਦੇਸ਼ ਦੀ ਧਰਮ ਨਿਰਪੱਖਤਾ ਨੂੰ ਇੱਕ ਗੰਭੀਰ ਖਤਰਾ ਬਣਿਆ ਹੋਇਆ ਹੈ ਅਤੇ ਇਸ ਫਿਰਕੂ ਫਾਸ਼ੀਵਾਦੀ ਖਤਰੇ ਦੇ ਟਾਕਰੇ ਲਈ ਖੱਬੀਆਂ ਪਾਰਟੀਆਂ ਨੂੰ ਇੱਕ ਮੰਚ 'ਤੇ ਆਉਣਾ ਹੋਵੇਗਾ, ਕਿਉਂਕਿ ਖੱਬੀਆਂ ਪਾਰਟੀਆਂ ਹੀ ਹਨ ਜੋ ਦੇਸ਼ 'ਚ ਫਿਰਕੂ ਵੰਡ ਨੂੰ ਰੋਕਦਿਆਂ ਮਜ਼ਦੂਰਾਂ ਕਿਸਾਨਾਂ ਦੇ ਮਸਲੇ ਹੱਲ ਕਰਨ ਵਾਲੀਆਂ ਨੀਤੀਆਂ ਲਾਗੂ ਕਰਵਾ ਸਕਦੀਆਂ ਹਨ। ਬਿਹਾਰ ਅਤੇ ਬੰਗਾਲ 'ਚ ਹੋ ਰਹੀ ਫਿਰਕੂ ਹਿੰਸਾ ਵੱਲ ਇਸ਼ਾਰਾ ਕਰਦਿਆਂ ਕਾਮਰੇਡ ਪਾਸਲਾ ਨੇ ਕਿਹਾ ਕਿ ਇਸ ਹਿੰਸਾ ਤੋਂ ਲੋਕਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਆਉਣ ਵਾਲੇ ਦਿਨ ਅੱਛੇ ਨਹੀਂ ਹਨ। ਤ੍ਰਿਪੁਰਾ 'ਚ ਅਸੰਬਲੀ ਚੋਣਾਂ 'ਚ ਜਿੱਤ ਹਾਸਲ ਕਰਨ ਦੇ ਨਸ਼ੇ ਵਿੱਚ ਲੈਨਿਨ ਦੇ ਬੁੱਤਾਂ ਦੀ ਤੋੜਭੰਨ ਅਤੇ ਕਮਿਊਨਿਸਟ ਵਰਕਰਾਂ 'ਤੇ ਹਮਲੇ ਇਸ ਗੱਲ ਦਾ ਸੰਕੇਤ ਹਨ ਕਿ ਸੰਘ ਪਰਵਾਰ ਕਿਸੇ ਵੀ ਹੋਰ ਵਿਚਾਰਧਾਰਾ ਨੂੰ ਬਰਦਾਸ਼ਤ ਕਰਨ ਨੂੰ ਤਿਆਰ ਨਹੀਂ। ਉਨ੍ਹਾ ਅੱਗੇ ਕਿਹਾ ਕਿ ਜਦ ਸੁਪਰੀਮ ਕੋਰਟ ਦਾ ਇੱਕ ਸਭ ਤੋਂ ਸੀਨੀਅਰ ਜੱਜ ਇਹ ਕਹਿ ਰਿਹਾ ਹੋਵੇ ਕਿ ਨਿਆਂਪਾਲਿਕਾ ਅਤੇ ਸਰਕਾਰ 'ਚ ਭਾਈਚਾਰਾ ਨਜ਼ਰ ਆ ਰਿਹਾ ਹੈ ਤੇ ਇਹ ਭਾਈਚਾਰਾ ਜਮਹੂਰੀਅਤ ਲਈ ਖਤਰਾ ਹੈ ਤਾਂ ਇਹ ਗੱਲ ਸਮਝ ਆ ਜਾਣੀ ਚਾਹੀਦੀ ਹੈ ਕਿ ਦੇਸ਼ ਦੇ ਹਾਲਾਤ ਕਿੱਧਰ ਨੂੰ ਜਾ ਰਹੇ ਹਨ। ਇਸ ਰੈਲੀ ਦੀ ਪ੍ਰਧਾਨਗੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਦਰਸ਼ਨ ਨਾਹਰ, ਸੰਤੋਖ ਸਿੰਘ ਬਿਲਗਾ, ਨਿਰਮਲ ਆਧੀ, ਰਾਮ ਕਿਸ਼ਨ ਅਤੇ ਨਿਰਮਲ ਮਲਸੀਆਂ ਨੇ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਕੁਲਵੰਤ ਸਿੰਘ ਸੰਧੂ ਨੇ ਸੀਬੀਐੱਸਈ ਦੇ ਲੀਕ ਹੋਏ ਪੇਪਰਾਂ ਕਾਰਨ ਦੇਸ਼ ਦੇ ਵਿਦਿਆਰਥੀਆਂ ਵਿੱਚ ਮਚੀ ਹਾਹਾਕਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਦੇਸ਼ ਦੀਆਂ ਅਹਿਮ ਸੰਸਥਾਵਾਂ ਦੇ ਵੱਕਾਰ ਨੂੰ ਢਾਅ ਲਾਈ ਜਾ ਰਹੀ ਹੈ, ਸਿੱਟੇ ਵਜੋਂ ਇਨ੍ਹਾਂ ਸੰਸਥਾਵਾਂ 'ਚ ਲੋਕਾਂ ਦਾ ਭਰੋਸਾ ਉੱਠਦਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਅਤੇ ਦੇਸ਼ ਵਿਰੋਧੀ ਨੀਤੀਆਂ ਦਾ ਰਾਹ ਰੋਕਣ ਲਈ ਇੱਕ ਵਿਆਪਕ ਖੱਬਾਪੱਖੀ ਗੱਠਜੋੜ ਸਮੇਂ ਦੀ ਪ੍ਰਮੁੱਖ ਲੋੜ ਹੈ।
ਇਸ ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਮੋਟਰਾਂ 'ਤੇ ਮੀਟਰ ਲਗਾ ਕੇ ਬਿੱਲ ਉਗਰਾਹੁਣ ਦੀ ਯੋਜਨਾ ਬੰਦ ਕੀਤੀ ਜਾਵੇ, ਖਾਦਾਂ ਦੀਆਂ ਸਬਸਿਡੀਆਂ ਕਿਸਾਨਾਂ ਨੂੰ ਪਹਿਲਾਂ ਦੀ ਤਰ੍ਹਾਂ ਹੀ ਦਿੱਤੀਆਂ ਜਾਣ, ਕਿਉਂਕਿ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਭੇਜਣ ਦੀ ਵਿਧੀ ਰਾਹੀਂ ਠੇਕੇ ਅਤੇ ਹਿੱਸੇ 'ਤੇ ਖੇਤੀ ਕਰ ਰਹੇ ਕਿਸਾਨਾਂ ਨੂੰ ਇਸ ਤੋਂ ਕੋਈ ਲਾਭ ਨਹੀਂ ਮਿਲੇਗਾ, 10 ਏਕੜ ਦੀ ਮਾਲਕੀ ਵਾਲੇ ਕਿਸਾਨਾਂ ਅਤੇ ਪੇਂਡੂ ਮਜ਼ਦੂਰਾਂ ਦੇ ਸਾਰੇ ਕਰਜ਼ੇ ਮਾਫ ਕੀਤੇ ਜਾਣ, ਸਰਕਾਰ ਦੀਆਂ ਕਿਸਾਨੀ ਜਿਣਸਾਂ ਦੇ ਲਾਗਤ ਖਰਚੇ ਘੱਟ ਕਰਕੇ ਜੋ ਲਾਗਤ ਬਣਦੀ ਹੈ, ਉਸ 'ਤੇ ਸਵਾਮੀਨਾਥਨ ਕਮਿਸ਼ਨ ਅਨੁਸਾਰ ਡਿਉਢੇ ਭਾਅ ਦਿੱਤੇ ਜਾਣ ਅਤੇ ਦੁੱਧ ਦੀਆਂ ਡਿੱਗ ਰਹੀਆਂ ਕੀਮਤਾਂ ਲਈ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ, ਲੋਕਾਂ ਦੇ ਜਮਹੂਰੀ ਹੱਕਾਂ 'ਤੇ ਪਾਬੰਦੀ ਲਗਾਉਂਦੇ ਸਾਰੇ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਨਿੱਤ ਵਰਤੋਂ ਦੀਆਂ ਸਾਰੀਆਂ ਵਸਤਾਂ ਜਿਵੇ ਕਿ ਆਟਾ, ਦਾਲਾਂ, ਖੰਡ, ਚਾਹ ਪੱਤੀ, ਚਾਵਲ, ਘਿਓ, ਤੇਲ ਆਦਿ ਦੀ ਨਿਰਵਿਘਨ ਸਪਲਾਈ ਲਈ ਸਰਬ-ਵਿਆਪੀ ਤੇ ਭਰੋਸੇਯੋਗ ਜਨਤਕ ਵੰਡ ਪ੍ਰਣਾਲੀ ਲਾਗੂ ਕੀਤੀ ਜਾਵੇ, ਘਰ-ਘਰ ਇੱਕ ਸਰਕਾਰੀ ਨੌਕਰੀ ਦੇ ਵਾਅਦੇ ਨੂੰ ਪੂਰਾ ਕੀਤਾ ਜਾਵੇ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਦੀਆਂ ਸਾਰੀਆਂ ਅਸਾਮੀਆਂ ਲਈ ਪੱਕੀ ਭਰਤੀ ਸ਼ੁਰੂ ਕੀਤੀ ਜਾਵੇ ਅਤੇ ਅਕਾਰ ਘਟਾਈ ਯੋਜਨਾ ਭੰਗ ਕੀਤੀ ਜਾਵੇ। ਕ੍ਰਿਤ ਕਾਨੂੰਨਾਂ 'ਤੇ ਅਮਲ ਯਕੀਨੀ ਬਣਾਇਆ ਜਾਵੇ, ਮਜ਼ਦੂਰ ਸੰਗਠਨਾਂ ਦੀ ਸਲਾਹ ਨਾਲ ਇਨ੍ਹਾਂ ਕਾਨੂੰਨਾਂ ਵਿੱਚ ਮਜ਼ਦੂਰ ਪੱਖੀ ਸੋਧਾਂ ਕੀਤੀਆਂ ਜਾਣ, ਘੱਟੋ-ਘੱਟ ਉਜਰਤਾਂ 18000/- ਰੁਪਏ ਪ੍ਰਤੀ ਮਹੀਨਾ ਕੀਤੀਆਂ ਜਾਣ, ਕੇਂਦਰ ਦੀ ਸ਼ਹਿ 'ਤੇ ਘੱਟ ਗਿਣਤੀਆਂ, ਦਲਿਤਾਂ, ਆਦਿਵਾਸੀਆਂ ਅਤੇ ਔਰਤਾਂ 'ਤੇ ਵਧ ਰਹੇ ਫਿਰਕੂ-ਫਾਸ਼ੀ ਹਮਲਿਆਂ ਨੂੰ ਨੱਥ ਪਾਈ ਜਾਵੇ।ਇਸ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਦਰਸ਼ਨ ਨਾਹਰ, ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ, ਸੂਬਾ ਕਮੇਟੀ ਮੈਂਬਰ ਕਾਮਰੇਡ ਮਨੋਹਰ ਸਿੰਘ ਗਿੱਲ, ਪਰਮਜੀਤ ਰੰਧਾਵਾ, ਰਾਮ ਸਿੰਘ ਕੈਮਵਾਲਾ ਤੋਂ ਇਲਾਵਾ ਹੋਰਨਾਂ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ।
ਬਾਅਦ 'ਚ ਦੇਸ਼ ਭਗਤ ਯਾਦਗਾਰ ਕੰਪਲੈਕਸ ਤੋਂ ਡੀਸੀ ਦਫਤਰ ਤੱਕ ਮਾਰਚ ਵੀ ਕੀਤਾ ਗਿਆ ਅਤੇ ਜ਼ਿਲ੍ਹਾ ਅਧਿਕਾਰੀਆਂ ਰਾਹੀਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਮੰਗ ਪੱਤਰ ਵੀ ਭੇਜਿਆ ਗਿਆ।

No comments:

Post a Comment